ਪੰਜਾਬ ਦੀ ਸਾਂਝੀਵਾਲਤਾ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ

ਪੰਜਾਬ ਦੀ ਸਾਂਝੀਵਾਲਤਾ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ

ਬਲਦੇਵ ਸਿੰਘ ਸੜਕਨਾਮਾ, ਪੰਜਾਬੀ ਟ੍ਰਿਬਿਊਨ ਵਿਚੋਂ 

ਪੂਰੇ ਇੱਕੀ ਸਾਲ, ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਦੀ ਘਟਨਾ, ਊਧਮ ਸਿੰਘ ਦੇ ਸੀਨੇ ਵਿਚ ਅੱਗ ਵਾਂਗ ਬਲਦੀ ਰਹੀ ਤੇ ਬੇਕਸੂਰ ਨਿਹੱਥੇ ਪੰਜਾਬੀਆਂ ਦੀਆਂ ਚੀਕਾਂ ਉਸ ਦੇ ਕੰਨਾਂ ਵਿਚ ਗੂੰਜਦੀਆਂ ਰਹੀਆਂ। ਜਨਰਲ ਡਾਇਰ ਤੱਕ ਪੁੱਜਣ ਲਈ ਉਹ ਕਦੇ ਉਦੈ ਸਿੰਘ, ਕਦੇ ਸ਼ੇਰ ਸਿੰਘ, ਕਦੇ ਊਦਨ ਸਿੰਘ, ਕਦੇ ਊਧਮ ਸਿੰਘ, ਮੁਹੰਮਦ ਸਿੰਘ ਆਜ਼ਾਦ, ਆਜ਼ਾਦ ਸਿੰਘ, ਬਾਵਾ, ਫਰੈਂਕ ਬ੍ਰਾਜ਼ੀਲ ਬਣ ਕੇ ਯਤਨ ਕਰਦਾ ਰਿਹਾ। ਸ਼ਾਇਦ ਹੀ ਕੋਈ ਅਜਿਹਾ ਇਨਕਲਾਬੀ ਜਾਂ ਆਜ਼ਾਦੀ ਘੁਲਾਟੀਆ ਹੋਵੇਗਾ ਜਿਸ ਨੇ ਆਪਣੇ ਮਕਸਦ ਨੂੰ ਪੂਰਾ ਕਰਨ ਲਈ ਇੰਨੇ ਨਾਮ ਤਬਦੀਲ ਕੀਤੇ ਹੋਣ।

ਸ਼ਹੀਦ ਊਧਮ ਸਿੰਘ ਨੇ ਸਿਰਫ਼ ਆਪਣੇ ਨਾਮ ਹੀ ਨਹੀਂ ਬਦਲੇ, ਆਪਣੀ ਮੰਜ਼ਿਲ ਸਰ ਕਰਨ ਲਈ ਉਸ ਨੇ ਵੱਖ ਵੱਖ ਦੇਸ਼ਾਂ ਅਤੇ ਮਹਾਂਦੀਪਾਂ ਦੀਆਂ ਯਾਤਰਾਵਾਂ ਵੀ ਕੀਤੀਆਂ। ਕਦੇ ਸੜਕ ਰਾਹੀਂ, ਕਦੇ ਸਮੁੰਦਰਾਂ ਰਾਹੀਂ। ਜਦ ਤੱਕ ਉਸ ਨੇ ਆਪਣਾ ਮਿਸ਼ਨ ਪੂਰਾ ਨਹੀਂ ਕੀਤਾ, ਉਹ ਕਦੇ ਚੈਨ ਨਾਲ ਨਹੀਂ ਬੈਠਾ। ਉਹ ਗ਼ਦਰੀ ਬਾਬਿਆਂ ਨੂੰ ਮਿਲਿਆ, ਕ੍ਰਾਂਤੀਕਾਰੀਆਂ ਕੋਲ ਜਾਂਦਾ ਰਿਹਾ। ਉਨ੍ਹਾਂ ਲਈ ਹਥਿਆਰਾਂ ਦਾ ਪ੍ਰਬੰਧ ਵੀ ਕਰਦਾ ਰਿਹਾ।

13 ਮਾਰਚ 1940 ਨੂੰ ਊਧਮ ਸਿੰਘ ਨੇ ਥੇਮਜ਼ ਦਰਿਆ ਦੇ ਪਾਣੀਆਂ ਨੂੰ ਅੱਗ ਲਾ ਦਿੱਤੀ। ਪੂਰਾ ਬਰਤਾਨੀਆ, ਭਾਰਤ ਤੇ ਵਿਸ਼ਵ ਭਰ ਵਿਚ ਇਸ ਸਾਹਸੀ ਕਾਰਨਾਮੇ ਦੇ ਚਰਚੇ ਹੋਣ ਲੱਗੇ। ਮਾਈਕਲ ਉਡਵਾਇਰ ਨੂੰ ਮਾਰ ਕੇ ਤੇ ਉਸ ਦੇ ਸਹਿਯੋਗੀਆਂ ਨੂੰ ਜ਼ਖ਼ਮੀ ਕਰਕੇ ਊਧਮ ਸਿੰਘ ਘਟਨਾ ਵਾਲੇ ਸਥਾਨ ਤੋਂ ਭੱਜਿਆ ਨਹੀਂ। ਉਸ ਮੌਕੇ ਦੀ ਤਸਵੀਰ ਵਿਚ ਊਹ ਮੁਸਕਰਾ ਰਿਹਾ ਦਿਸਦਾ ਹੈ ਤੇ ਮਾਣ ਨਾਲ ਭਰਿਆ ਹੋਇਆ ਹੈ। ਊਧਮ ਸਿੰਘ ਨੂੰ ਗਿਆਨ ਸੀ, ਉਸ ਨੂੰ ਫਾਂਸੀ ਦੀ ਸਜ਼ਾ ਮਿਲੇਗੀ। ਉਹ ਕਹਿੰਦਾ ਹੈ, ‘‘ਮੈਂ ਆਪਣੇ ਸ਼ਹੀਦ ਸਾਥੀਆਂ ਕੋਲ ਜਾ ਰਿਹਾ ਹਾਂ।’’

en_GBEnglish